ਦਾ ਐਡੀਟਰ ਨਿਊਜ਼, ਅੰਮ੍ਰਿਤਸਰ —- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 3 ਨਵੰਬਰ ਨੂੰ ਸੱਦ ਲਿਆ ਗਿਆ ਹੈ। ਪਿਛਲੀ ਵਾਰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਜਾਣਕਾਰੀ ਦਿੱਤੀ ਸੀ।
ਉਨ੍ਹਾਂ ਦੱਸਿਆ ਕਿ ਜਨਰਲ ਇਜਲਾਸ 3 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12:00 ਵਜੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 185 ਕੁੱਲ ਮੈਂਬਰ ਹੁੰਦੇ ਹਨ, ਜਿਨ੍ਹਾਂ ‘ਚੋਂ 170 ਮੈਂਬਰ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਜਦ ਕਿ 15 ਮੈਂਬਰ ਬਾਅਦ ‘ਚ ਨਾਮਜ਼ਦ ਕੀਤੇ ਜਾਂਦੇ ਹਨ. ਇਸ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁੱਲ 148 ਸਰਗਰਮ ਮੈਂਬਰ ਹਨ, ਕਿਉਂਕਿ ਪਿਛਲੇ ਸਮੇਂ ਦੌਰਾਨ 33 ਮੈਂਬਰਾਂ ਦਾ ਅਕਾਲ ਚਲਾਣਾ ਹੋ ਗਿਆ ਹੈ, ਜਦਕਿ 4 ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਲਈ 3 ਨਵੰਬਰ ਨੂੰ ਮੈਂਬਰ ਨਾਮਜ਼ਦ ਕੀਤੇ ਜਾਣਗੇ ਜੇ ਇਨ੍ਹਾਂ ਦੇ ਨਾਵਾਂ ‘ਤੇ ਸਰਬਸੰਮਤੀ ਨਹੀਂ ਹੁੰਦੀ ਤਾਂ ਫੇਰ ਵੋਟਾਂ ਪਾ ਕੇ ਚੋਣ ਕੀਤੀ ਜਾਵੇਗੀ।